ਕਾਂਡ 30

1 ਯਹੋਵਾਹ, ਤੁਸਾਂ ਮੈਨੂੰ ਮੇਰੇ ਸਂਕਟਾਂ ਵਿੱਚੋਂ ਉਭਾਰਿਆ। ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ। ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ।
2 ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ। ਤੇ ਤੁਸਾਂ ਮੈਨੂੰ ਨਿਰੋਗ ਕੀਤਾ।
3 ਤੁਸਾਂ ਮੈਨੂੰ ਕਬਰ ਵਿੱਚੋਂ ਉਠਾ ਲਿਆ ਸੀ। ਤੁਸਾਂ ਮੈਨੂੰ ਜੀਣ ਦਿੱਤਾ। ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ।
4 ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ। ਉਸਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
5 ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ "ਮੌਤ" ਸੀ। ਪਰ ਉਸਨੇ ਆਪਣਾ ਪਿਆਰ ਦਰਸਾਇਆ, ਅਤੇ ਉਸਨੇ ਮੈਨੂੰ "ਜੀਵਨ ਦੀ ਅਸੀਸ" ਦਿੱਤੀ। ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ। ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।
6 ਜਦੋਂ ਮੈਂ ਸੁਰਖਿਅਤ ਤੇ ਨਿਸ਼ਚਿੰਤ ਸਾਂ, ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸਕਦਾ।
7 ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ। ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸਕਦਾ ਸੀ। ਪਰ ਜਦੋਂ ਤੁਸੀਂ ਮੈਥੋਂ ਮੁਖ ਮੋੜਿਆ ਸੀ ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।
8 ਇਸ ਲਈ, ਹੇ ਪਰਮੇਸ਼ੁਰ ਮੈਂ ਧਰਤ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ।
9 ਮੈਂ ਆਖਿਆ, "ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ ਤੇ ਮੈਂ ਕਬਰ ਵਿੱਚ ਨਿਘਰ ਜਾਵਾਂ? ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ? ਉਹ ਤੇਰੀ ਉਸਤਤਿ ਨਹੀਂ ਕਰਦੇ। ਉਹ ਲੋਕਾਂ ਤਾਈਂ ਨਹੀਂ ਦਸ੍ਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸਕਦੇ ਹਾਂ।
10 ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਹੇ ਯਹੋਵਾਹ, ਮੇਰੀ ਮਦਦ ਕਰੋ।"
11 ਮੈਂ ਅਰਦਾਸ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ। ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ। ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ। ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢਕਿਆ।
12 ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ ਅਤੇ ਇਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।