ਕਾਂਡ 77

1 ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹੈ ਅਤੇ ਸਹਾਇਤਾ ਲਈ ਰੋਂਦਾ ਹਾਂ। ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
2 ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ। ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ। ਮੇਰੀ ਰੂਹ ਨੇ ਸੁਖੀ ਹੋਣਾ ਨਾਮਂਜ਼ੂਰ ਕਰ ਦਿੱਤਾ।
3 ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ, ਅਤੇ ਉਸਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ। ਪਰ ਮੈਂ ਅਜਿਹਾ ਨਹੀਂ ਕਰ ਸਕਦਾ।
4 ਤੁਸੀਂ ਮੈਨੂੰ ਸੌਣ ਨਹੀਂ ਦਿੰਦੇ ਹੋ। ਮੈਂ ਕੁਝ ਆਖਣ ਦੀ ਕੋਸ਼ਿਸ਼ ਵੀ ਕੀਤੀ, ਪਰ ਮੈਂ ਬਹੁਤ ਪਰੇਸ਼ਾਨ ਸਾਂ।
5 ਮੈਂ ਅਤੀਤ ਬਾਰੇ ਸੋਚਦਾ ਰਿਹਾ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਦਾ ਰਿਹਾ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ।
6 ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ।
7 ਮੈਂ ਹੈਰਾਨ ਹੁੰਦਾ ਹਾਂ, "ਕੀ ਸਾਡਾ ਯਹੋਵਾਹ ਸਾਨੂੰ ਸਦਾ ਲਈ ਛੱਡ ਗਿਆ ਹੈ? ਕੀ ਉਹ ਸਾਨੂੰ ਫ਼ੇਰ ਕਦੀ ਵੀ ਨਹੀਂ ਚਾਹੇਗਾ?
8 ਕੀ ਪਰਮੇਸ਼ੁਰ ਦਾ ਪਿਆਰ ਸਦਾ ਲਈ ਮੁੱਕ ਗਿਆ ਹੈ? ਕੀ ਫ਼ੇਰ ਕਦੀ ਵੀ ਉਹ ਸਾਡੇ ਨਾਲ ਨਹੀਂ ਬੋਲੇਗਾ?
9 ਕੀ ਪਰਮੇਸ਼ੁਰ ਮਿਹਰ ਕਰਨੀ ਭੁੱਲ ਗਿਆ ਹੈ? ਕੀ ਉਸਦੀ ਹਮਦਰਦੀ ਗੁੱਸੇ ਵਿੱਚ ਬਦਲ ਗਈ ਹੈ?" ਸਲਹ।।
10 ਮੈਂ ਫ਼ੇਰ ਸੋਚਿਆ, "ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ, 'ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁਕਿਆ ਹੈ?"'
11 ਮੈਨੂੰ ਯਾਦ ਹੈ ਯਹੋਵਾਹ ਨੇ ਕੀ ਕੀਤਾ। ਹੇ ਪਰਮੇਸ਼ੁਰ, ਮੈਨੂੰ ਉਹ ਅਦਭੁਤ ਗੱਲਾਂ ਚੇਤੇ ਹਨ ਜਿਹੜੀਆਂ ਤੁਸਾਂ ਬਹੁਤ ਸਮਾਂ ਪਹਿਲਾਂ ਕੀਤੀਆਂ ਸਨ।
12 ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ।
13 ਹੇ ਪਰਮੇਸ਼ੁਰਾ ਤੁਹਾਡੇ ਰਾਹ ਪਵਿੱਤਰ ਹਨ। ਹੇ ਪਰਮੇਸ਼ੁਰ ਤੁਹਾਡੇ ਜਿਹਾ ਕੋਈ ਮਹਾਨ ਨਹੀਂ ਹੈ।
14 ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ। ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ।
15 ਤੁਸੀਂ ਆਪਣੇ ਲੋਕਾਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ। ਤੁਸੀਂ ਯਾਕੂਬ ਅਤੇ ਯੂਸੁਫ਼ ਦੇ ਔਲਾਦਾਂ ਨੂੰ ਬਚਾਇਆ।
16 ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ। ਡੂੰਘਾ ਪਾਣੀ ਡਰ ਨਾਲ ਕੰਬ ਉਠਿਆ।
17 ਮੋਟੇ ਬੱਦਲਾਂ ਨੇ ਆਪਣਾ ਪਾਣੀ ਸੁੱਟ ਦਿੱਤਾ। ਲੋਕਾਂ ਨੇ ਉੱਚੇ ਬੱਦਲਾਂ ਵਿੱਚ ਉੱਚੀ ਕੜਕ ਸੁਣੀ। ਫ਼ੇਰ ਤੁਹਾਡੇ ਬਿਜਲੀ ਦੇ ਤੀਰ ਬੱਦਲਾਂ ਵਿੱਚ ਚਮਕੇ।
18 ਬਹੁਤ ਉੱਚੀ ਗਰਜ ਹੋਈ। ਬਿਜਲੀ ਨੇ ਸਾਰੀ ਦੁਨੀਆਂ ਰੌਸ਼ਨ ਕੀਤੀ। ਕੰਬੀ ਅਤੇ ਹਿਲ੍ਲੀ ਧਰਤੀ।
19 ਹੇ ਪਰਮੇਸ਼ੁਰ, ਤੁਸੀਂ ਡੂੰਘੇ ਪਾਣੀਆਂ ਵਿੱਚੋਂ ਦੀ ਚੱਲੇ, ਤੁਸੀਂ ਡੂੰਘਾ ਸਮੁੰਦਰ ਪਾਰ ਕੀਤਾ। ਪਰ ਤੁਸੀਂ ਕੋਈ ਵੀ ਪੈਰ ਚਿਨ੍ਹ ਨਹੀਂ ਛੱਡਿਆ।
20 ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ ਅਗਵਾਈ ਕਰਨ ਲਈ ਇਸਤੇਮਾਲ ਕੀਤਾ।