ਕਾਂਡ 3
1 ਮੂਸਾ ਦੇ ਸਹੁਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ।
2 ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ।ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ।
3 ਇਸ ਲਈ ਮੂਸਾ ਨੇ ਝਾੜੀ ਦੇ ਨੇੜੇ ਜਾਣ ਤੇ ਇਹ ਦੇਖਣ ਦਾ ਨਿਰਣਾ ਕੀਤਾ ਕਿ ਕੋਈ ਝਾੜੀ ਭਸਮ ਹੋਣ ਤੋਂ ਬਿਨਾ ਬਲਦੀ ਕਿਵੇਂ ਰਹਿ ਸਕਦੀ ਹੈ।
4 ਯਹੋਵਾਹ ਨੇ ਦੇਖਿਆ ਕਿ ਮੂਸਾ ਝਾੜੀ ਵੱਲ ਦੇਖਣ ਲਈ ਆ ਰਿਹਾ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਝਾੜੀ ਵਿੱਚੋਂ ਅਵਾਜ਼ ਦਿੱਤੀ। ਪਰਮੇਸ਼ੁਰ ਨੇ ਆਖਿਆ, “ਮੂਸਾ, ਮੂਸਾ।”ਅਤੇ ਮੂਸਾ ਨੇ ਆਖਿਆ, “ਹਾਂ ਯਹੋਵਾਹ।”
5 ਤਾਂ ਯਹੋਵਾਹ ਨੇ ਆਖਿਆ, “ਹੋਰ ਨੇੜੇ ਨਾ ਆਵੀਂ। ਆਪਣੀਆਂ ਜੁੱਤੀਆਂ ਲਾਹ ਲੈ। ਜਿਸ ਥਾਂ ਉੱਤੇ ਤੂੰ ਖਲੋਤਾ ਹੈਂ, ਉਹ ਮੇਰੇ ਇਸ ਥਾਂ ਤੇ ਹੋਣ ਕਾਰਣ ਪਵਿੱਤਰ ਹੈ।
6 ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।”ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
7 ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।
8 ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿਂਨ-ਭਿਂਨ ਕੌਮਾਂ ਦੇ ਲੋਕ ਉਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।
9 ਮੈਂ ਇਸਰਾਏਲ ਦੇ ਲੋਕਾਂ ਦੀ ਪੁਕਾਰ ਸੁਣ ਲਈ ਹੈ। ਮੈਂ ਦੇਖ ਲਿਆ ਹੈ ਕਿ ਮਿਸਰੀਆਂ ਨੇ ਕਿਵੇਂ ਉਨ੍ਹਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ।
10 ਇਸ ਲਈ ਹੁਣ ਮੈਂ ਤੈਨੂੰ ਫ਼ਿਰਊਨ ਵੱਲ ਭੇਜ ਰਿਹਾ ਹਾਂ। ਜਾਹ, ਮੇਰੇ ਬੰਦਿਆਂ, ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਵਿੱਚ ਅਗਵਾਈ ਕਰ।”
11 ਪਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੋਈ ਵੱਡਾ ਆਦਮੀ ਨਹੀਂ ਹਾਂ। ਫ਼ਿਰਊਨ ਕੋਲ ਜਾਣ ਵਾਲਾ ਅਤੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਅਗਵਾਈ ਕਰਨ ਵਾਲਾ ਬੰਦਾ ਮੈਂ ਕਿਵੇਂ ਹੋ ਸਕਦਾ ਹਾਂ?”
12 ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।
13 ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜੇ ਮੈਂ ਇਸਰਾਏਲ ਦੇ ਲੋਕਾਂ ਕੋਲ ਜਾਵਾਂ ਤੇ ਉਨ੍ਹਾਂ ਨੂੰ ਆਖਾਂ, ‘ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਭੇਜਿਆ ਹੈ।’ ਤਾਂ ਲੋਕ ਪੁੱਛਣਗੇ, ‘ਉਸਦਾ ਕੀ ਨਾਮ ਹੈ?’ ਮੈਂ ਉਨ੍ਹਾਂ ਨੂੰ ਕੀ ਦੱਸਾਂ?”
14 ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਉਨ੍ਹਾਂ ਨੂੰ ਦਸੀ ‘ਮੈਂ ਹਾ ਜੋ ਮੈਂ ਹਾਂ’ ਜਦੋਂ ਤੂੰ ਇਸਰਾਏਲ ਦੇ ਲੋਕਾਂ ਕੋਲ ਜਾਵੇ ਤਾਂ ਉਨ੍ਹਾਂ ਨੂੰ ਆਖੀਂ ‘ਮੈਂ ਹਾਂ’ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।”
15 ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’
16 “ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕ ਸਾਥ ਇਕਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ।
17 ਅਤੇ ਮੈਂ ਨਿਰਣਾ ਕੀਤਾ ਹੈ ਕਿ ਮੈਂ ਤੁਹਾਨੂੰ ਉਨ੍ਹਾਂ ਮੁਸੀਬਤਾਂ ਵਿੱਚੋਂ ਕੱਢ ਲਵਾਂ ਜਿਹੜੀਆਂ ਤੁਸੀਂ ਮਿਸਰ ਵਿੱਚ ਸਹਾਰ ਰਹੇ ਹੋ। ਮੈਂ ਤੁਹਾਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਹੁਣ ਬਹੁਤ ਸਾਰੇ ਲੋਕਾਂ; ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਹੈ। ਮੈਂ ਤੁਹਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੇ ਲੈ ਜਾਵਾਂਗਾ।’
18 “ਬਜ਼ੁਰਗ ਤੇਰੀ ਗੱਲ ਸੁਣਨਗੇ। ਤੂੰ ਤੇ ਬਜ਼ੁਰਗ ਵੀ ਮਿਸਰ ਦੇ ਰਾਜੇ ਕੋਲ ਜਾਵੋਂਗੇ ਅਤੇ ਉਸਨੂੰ ਦੱਸੋਂਗੇ, ‘ਯਹੋਵਾਹ ਇਬਰਾਨੀ ਲੋਕਾਂ ਦਾ ਪਰਮੇਸ਼ੁਰ ਸਾਡੇ ਕੋਲ ਆਇਆ ਅਤੇ ਸਾਨੂੰ ਤਿੰਨ ਦਿਨ ਮਾਰੂਥਲ ਵਿੱਚ ਸਫ਼ਰ ਕਰਨ ਲਈ ਆਖਿਆ। ਓਥੇ ਸਾਨੂੰ ਯਾਹਵੇਹ, ਸਾਡੇ ਪਰਮੇਸ਼ੁਰ ਨੂੰ ਬਲੀਆਂ ਜ਼ਰੂਰ ਚੜਾਉਣੀਆਂ ਚਾਹੀਦੀਆਂ ਹਨ।’
19 “ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਜਾਣ ਨਹੀਂ ਦੇਵੇਗਾ। ਸਿਰਫ਼ ਕੋਈ ਮਹਾਨ ਸ਼ਕਤੀ ਹੀ ਉਸਨੂੰ ਮਜਬੂਰ ਕਰੇਗੀ ਤਾਂ ਕਿ ਉਹ ਤੁਹਾਨੂੰ ਜਾਣ ਦੇਵੇ।
20 ਇਸ ਲਈ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਦੇ ਖਿਲਾਫ਼ ਵਰਤਾਂਗਾ। ਮੈਂ ਉਸ ਧਰਤੀ ਉੱਤੇ ਹੈਰਾਨੀ ਭਰੀਆਂ ਗੱਲਾਂ ਕਰਾਂਗਾ। ਜਦੋਂ ਮੈਂ ਅਜਿਹਾ ਕਰਾਂਗਾ ਤਾਂ ਉਹ ਤੁਹਾਨੂੰ ਜਾਣ ਦੇਵੇਗਾ।
21 ਅਤੇ ਮੈਂ ਮਿਸਰੀ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਮਿਹਰਬਾਨ ਬਣਾ ਦਿਆਂਗਾ। ਜਦੋਂ ਤੁਹਾਡੇ ਲੋਕ ਮਿਸਰ ਤੋਂ ਜਾਣਗੇ ਮਿਸਰੀ ਲੋਕ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦੇਣਗੇ।
22 “ਸਾਰੀਆਂ ਇਬਰਾਨੀ ਔਰਤਾਂ ਨੂੰ ਆਪਣੇ ਮਿਸਰੀ ਗੁਆਂਢੀਆਂ ਅਤੇ ਆਪਣੇ ਘਰਾਂ ਵਿੱਚ ਰਹਿੰਦੀਆਂ ਮਿਸਰੀ ਔਰਤਾਂ ਪਾਸੋਂ ਚਾਂਦੀ ਸੋਨਾ ਅਤੇ ਵਧੀਆ ਕੱਪੜੇ ਮੰਗਣੇ ਚਾਹੀਦੇ ਹਨ। ਜਦੋਂ ਤੁਸੀਂ ਮਿਸਰ ਛੱਡੋਂ, ਉਨ੍ਹਾਂ ਸੁਗਾਤਾਂ ਨੂੰ ਆਪਣੇ ਬੱਚਿਆਂ ਉੱਪਰ ਪਾ ਦਿਓ। ਇਸ ਤਰ੍ਹਾਂ ਤੁਸੀਂ ਮਿਸਰੀਆਂ ਦੀ ਦੌਲਤ ਆਪਣੇ ਨਾਲ ਲੈ ਜਾਵੋਂਗੇ।”