ਕਾਂਡ 12
1 ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸਦੇ ਚੇਲੇ ਉਸਦੇ ਨਾਲ ਸਨ ਅਤੇ ਉਹ ਭੁਖੇ ਸਨ ਇਸਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।
2 ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।”
3 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪਢ਼ਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁਖੇ ਸਨ?
4 ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸਨੇ ਅਤੇ ਉਸਦੇ ਸਾਥੀਆਂ ਨੇ ਉਥੇ ਚਢ਼ਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
5 ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪਢ਼ਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?
6 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇਥੇ ਅਜਿਹਾ ਵੀ ਹੈ, ਜੋ ਮੰਦਰ ਨਾਲੋਂ ਵੀ ਮਹਾਨ ਹੈ।
7 ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਣਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
8 “ਕਿਉਂ ਜੁ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”
9 ਯਿਸੂ ਉਸ ਜਗ੍ਹਾ ਤੋਂ ਤੁਰਕੇ ਉਥੋਂ ਦੇ ਪ੍ਰਾਰਥਨਾ ਸਥਾਨ ਤੇ ਗਿਆ।
10 ਉਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁਂਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?”
11 ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਨੂੰ ਟੋਏ ਵਿੱਚੋਂ ਨਹੀਂ ਕਢੋਂਗੇ?
12 ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵਧ ਮੁੱਲਵਾਨ ਹੈ। ਇਸਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।”
13 ਤਦ ਯਿਸੂ ਨੇ ਉਸ ਟੁਂਡੇ ਮਨੁੱਖ ਨੂੰ ਕਿਹਾ, “ਮੈਨੂੰ ਆਪਣਾ ਹੱਥ ਵੇਖਣਦੇ?” ਜਦ ਮਨੁੱਖ ਨੇ ਆਪਣਾ ਹੱਥ ਯਿਸੂ ਅੱਗੇ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਹੀ ਚੰਗਾ ਹੋ ਗਿਆ।
14 ਪਰ ਫ਼ਰੀਸੀ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਮਾਰਨ ਦੀਆਂ ਵਿਉਂਤਾਂ ਬਾਣਾਈਆਂ।
15 ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸਦੇ ਪਿਛੇ ਲੱਗ ਤੁਰੇ, ਅਤੇ ਉਸਨੇ ਉਨ੍ਹਾਂ ਸਾਰਿਆਂ ਨੂੰ ਰਾਜ਼ੀ ਕੀਤਾ।
16 ਅਤੇ ਉਨ੍ਹਾਂ ਨੂੰ ਤਾਗੀਤ ਕੀਤੀ ਕਿ ਉਹ ਉਸ ਬਾਰੇ ਹੋਰਾਂ ਨੂੰ ਨਾ ਦੱਸਣ।
17 ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ।
18 “ਇਹ ਮੇਰਾ ਸੇਵਕ ਹੈਜਿਸਨੂੰ ਮੈਂ ਚੁਣਿਆ ਹੈ।ਮੇਰਾ ਪਿਆਰਾ ਹੈਜਿਸਤੋਂ ਮੈਂ ਪ੍ਰਸੰਨ ਹਾਂ।ਮੈਂ ਆਪਣਾ ਆਤਮਾ ਉਸ ਉੱਪਰ ਰਖਾਂਗਾ,ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।
19 ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ।ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।
20 ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ।ਉਹ ਉਸ ਦੀਵੇ ਨੂੰ ਬਾਹਰ ਰਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।
21 ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।”
22 ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸਨੂੰ ਭੂਤ ਚਿੰਬੜਿਆਂ ਹੋਇਆ ਸੀ, ਉਸਦੇ ਕੋਲ ਲਿਆਏ ਅਤੇ ਯਿਸੂ ਨੇ ਉਸਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ।
23 ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”
24 ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕਢਦਾ ਹੈ।”
25 ਪਰ ਉਸਨੇ ਉਨ੍ਹਾਂ ਦੀ ਸੋਚ-ਵਿਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲੜਦਾ ਹੈ, ਖਢ਼ਾ ਨਹੀਂ ਹੋ ਸਕਦਾ।
26 ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧਕ੍ਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸਕਦਾ?
27 ਜੇਕਰ ਮੈਂ ਭੂਤਾਂ ਨੂੰ ਕਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।
28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮੇ ਦੀ ਸਹਾਇਤਾ ਨਾਲ ਭੂਤਾਂ ਨੂੰ ਕਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ।
29 “ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸਕ੍ਕਦਾ ਹੈ।
30 ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ।
31 “ਇਸਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮੇ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।
32 ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮੇ ਦੇ ਵਿਰੁੱਧ ਗੱਲ ਕਰੇ ਤਾਂ ਉਸਨੂੰ ਨਾ ਇਸ ਜੁਗ੍ਗ ਵਿੱਚ ਤੇ ਨਾਹੀ ਆਉਣ ਵਾਲੇ ਜੁਗ੍ਗ ਵਿੱਚ ਮਾਫ਼ ਕੀਤਾ ਜਾਵੇਗਾ।
33 “ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ।
34 ਹੇ ਸਪਾਂ ਦੇ ਬਚਿਓ! ਕ੍ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।
35 ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।
36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
37 ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਣਾ ਕੀਤਾ ਜਾਵੇਗਾ।”
38 ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”
39 ਯਿਸੂ ਨੇ ਉੱਤਰ ਦਿੱਤਾ, “ਦੁਸ਼ਟ ਅਤੇ ਪਾਪੀ ਲੋਕ ਹੀ ਨਿਸ਼ਾਨ ਵਜੋਂ ਕਰਿਸ਼ਮਾ ਵੇਖਣਾ ਲੋਚਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸਬੂਤ ਵਜੋਂ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ, ਸਿਵਾ ਉਸ ਨਿਸ਼ਾਨ ਦੇ, ਜੋ ਨਬੀ ਯੂਨਾਹ ਨਾਲ ਵਾਪਰਿਆ।
40 ਜਿਵੇਂ ਕਿ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਵੱਡੀ ਮਛੀ ਦੇ ਢਿਡ੍ਡ ਵਿੱਚ ਰਿਹਾ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਰਹੇਗਾ।
41 ਨੀਨੀਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਰਣੇ ਦੇ ਦਿਨ ਉਠ ਖੜੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇਥੇ ਹੈ।
42 “ਦਖਣ ਦੀ ਰਾਣੀ ਵੀ ਇਸ ਪੀਢ਼ੀ ਦੇ ਲੋਕਾਂ ਨਾਲ ਨਿਰਣੇ ਦੇ ਦਿਨ ਉਠ ਖਢ਼ੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇਥੇ ਹੈ।
43 “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲਭਦੀ।
44 ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿਥੋਂ ਨਿਕਲਿਆ ਸੀ, ਉਥੇ ਹੀ ਮੁੜ ਜਾਵਾਂਗਾ।’ ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ।
45 ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵਧ ਬੁਰਾ ਹੁੰਦਾ ਹੈ।” ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”
46 ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖੜੋਤੇ ਹੋਏ ਸਨ।
47 ਤਾਂ ਇੱਕ ਬੰਦੇ ਨੇ ਉਸਨੂੰ ਆਖਿਆ, “ਬਾਹਰ ਤੇਰੀ ਮਾਤਾ ਅਤੇ ਭਰਾ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।”
48 ਯਿਸੂ ਨੇ ਉਸਨੂੰ ਉੱਤਰ ਦਿੱਤਾ, “ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?”
49 ਅਤੇ ਉਸਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।
50 ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”